19 June 2017

ਕੈਪਟਨ ਦਾ ਵੱਡਾ ਐਲਾਨ: ਕਿਸਾਨਾਂ ਦਾ 5 ਏਕੜ ਤੱਕ ਸਾਰਾ ਫਸਲੀ ਕਰਜ਼ਾ ਮਾਫ਼

* ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਡੇਢ ਲੱਖ ਦਰਮਿਆਨੇ ਕਿਸਾਨਾਂ ਨੂੰ ਦੋ ਲੱਖ ਦੀ ਰਾਹਤ ਮਿਲੇਗੀ
*  ਖੁਦਕੁਸ਼ੀਆਂ ਵਾਲੇ ਕਿਸਾਨ ਪਰਿਵਾਰਾਂ ਲਈ ਐਕਸਗੇ੍ਰਸ਼ੀਆ ਗ੍ਰਾਂਟ ਪੰਜ ਲੱਖ ਰੁਪਏ ਕੀਤੀ

     ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਕਰਜ਼ੇ ਵਾਲਾ ਚੋਣ ਵਾਅਦਾ ਪੂਰਦਿਆਂ (ਪੰਜ ਏਕੜ ਤੱਕ) ਲਈ ਦੋ ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਦਾ ਐਲਾਨ ਕੀਤਾ ਹੈ। ਇਸ ਨਾਲ ਕੁੱਲ 10.25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ ਜਿਨ੍ਹਾਂ ਵਿੱਚ ਪੰਜ ਏਕੜ ਤੱਕ ਵਾਲੇ 8.75 ਲੱਖ ਛੋਟੇ ਅਤੇ ਦਰਮਿਆਨੇ ਕਿਸਾਨ ਸ਼ਾਮਲ ਹਨ। 
  ਮੁੱਖ ਮੰਤਰੀ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਇਹ ਰਾਹਤ ਉੱਤਰ-ਪ੍ਰਦੇਸ਼ ਅਤੇ ਮਹਾਰਾਸ਼ਟਰ ਸਰਕਾਰ ਵੱਲੋਂ ਐਲਾਨੀ ਰਾਹਤ ਨਾਲੋਂ ਦੁੱਗਣੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਉੱਘੇ ਅਰਥਸ਼ਾਸ਼ਤਰੀ ਡਾ. ਟੀ. ਹੱਕ ਦੀ ਅਗਵਾਈ ਵਾਲੇ ਮਾਹਿਰਾਂ ਦੇ ਗਰੁੱਪ ਵੱਲੋਂ ਦਿੱਤੀ ਅੰਤ੍ਰਿਮ ਰਿਪੋਰਟ ’ਤੇ ਆਧਾਰਤ ਹੈ। ਸੂਬਾ ਸਰਕਾਰ ਨੇ ਇਸ ਗਰੁੱਪ ਨੂੰ ਸੂਬੇ ਦੀ ਸੰਕਟਾਂ ’ਚ ਘਿਰੀ ਕਿਸਾਨੀ ਨੂੰ ਬਾਹਰ ਕੱਢਣ ਲਈ ਢੰਗ ਤਰੀਕੇ ਤੇ ਸੁਝਾਅ ਦਾ ਕਾਰਜ ਸੌਂਪਿਆ ਸੀ। ਕਿਸਾਨਾਂ ਦੇ ਫਸਲੀ ਕਰਜ਼ੇ ਮੁਆਫ ਕਰਨ ਲਈ ਆਪਣੀ ਵਚਨਬੱਧਤਾ ’ਤੇ ਸਰਕਾਰ ਵਲੋਂ ਦ੍ਰਿੜ੍ਹ ਹੋਣ ਦਾ ਸਪੱਸ਼ਟ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਖੁਦਕੁਸ਼ੀ ਕਰਨ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰਾਂ ’ਤੇ ਖੜ੍ਹੇ ਫਸਲੀ ਕਰਜ਼ੇ ਸੰਸਥਾਈ ਸਰੋਤਾਂ ਰਾਹੀਂ ਸਰਕਾਰ ਦੁਆਰਾ ਆਪਣੇ ਸਿਰ ਲੈਣ ਦਾ ਵੀ ਵਾਧੂ ਫੈਸਲਾ ਕੀਤਾ ਹੈ। ਖੁਦਕੁਸ਼ੀ ਨਾਲ ਪੀੜਤ ਪਰਿਵਾਰਾਂ ਦੀ ਅਕੈਸ-ਗ੍ਰੇਸ਼ੀਆ ਰਾਸ਼ੀ ਵੀ ਮੌਜੂਦਾ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। 
ਗੈਰ-ਸੰਸਥਾਈ ਸਰੋਤਾਂ ਰਾਹੀਂ ਪ੍ਰਾਪਤ ਕੀਤੇ ਕਰਜ਼ੇ ਲਈ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੇ ਵਾਸਤੇ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਕਰਜ਼ਾ ਨਿਪਟਾਰਾ ਐਕਟ ਦਾ ਜਾਇਜ਼ਾ ਲੈਣ ਦਾ ਵੀ ਫੈਸਲਾ ਕੀਤਾ ਹੈ ਤਾਂ ਜੋ ਆਪਸੀ ਤੌਰ ’ਤੇ ਪ੍ਰਵਾਨਯੋਗ ਸੁਲਾਹ-ਸਫਾਈ ਅਤੇ ਨਿਪਟਾਰੇ ਦੇ ਰਾਹੀਂ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਾਈ ਜਾ ਸਕੇ। ਇਸ ਹੇਠ ਕਰਜ਼ਾ ਦੇਣ ਵਾਲੀਆਂ ਅਤੇ ਕਰਜ਼ ਲੈਣ ਵਾਲੀਆਂ ਦੋਵੇਂ ਪਾਰਟੀਆਂ ਸੰਵਿਧਾਨਕ ਤੌਰ ’ਤੇ ਪਾਬੰਦ ਹੋਣਗੀਆਂ।  ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਦਾ ਜਾਇਜ਼ਾ ਲੈਣ ਲਈ ਪਹਿਲਾਂ ਹੀ ਇੱਕ ਕੈਬਨਿਟ ਸਬ ਕਮੇਟੀ ਬਣਾਈ ਗਈ ਹੈ। 

ਮੁੱਖ ਮੰਤਰੀ ਨੇ ਖੁਦਕੁਸ਼ੀਆਂ ਕਰਨ ਵਾਲੇ ਪਰਿਵਾਰਾਂ ਕੋਲ ਜਾਣ ਲਈ ਸਪੀਕਰ ਵੱਲੋਂ ਵਿਧਾਨ ਸਭਾ ਦੀ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕਰਨ ਦਾ ਵੀ ਪ੍ਰਸਤਾਵ ਕੀਤਾ ਤਾਂ ਜੋ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਨ੍ਹਾਂ ਨੂੰ ਅੱਗੇ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਹੋਰ ਕਦਮਾਂ ਬਾਰੇ ਸੁਝਾਅ ਪ੍ਰਾਪਤ ਕੀਤੇ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਦੀ ਧਾਰਾ 67-ਏ ਨੂੰ ਖਤਮ ਕਰਨ ਦਾ ਪਹਿਲਾਂ ਹੀ ਫੈਸਲਾ ਕਰ ਲਿਆ ਹੈ ਜੋ ਕਿ ਕਿਸਾਨਾਂ ਦੀ ਜ਼ਮੀਨ ਦੀ ਬੋਲੀ/ਕੁਰਕੀ ਦੀ ਵਿਵਸਥਾ ਕਰਦੀ ਸੀ। 
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਪਰ ਇਸਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੇ ਵੱਡੇ ਕਿਸਾਨਾਂ ਨੂੰ ਸਵੈ-ਇੱਛਾ ਨਾਲ ਬਿਜਲੀ ਸਬਸਿਡੀ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਿੱਜੀ ਮਿਸਾਲ ਦਾ ਪ੍ਰਗਟਾਵਾ ਕਰਦੇ ਹੋਏ ਤੁਰੰਤ ਆਪਣੇ ਫਾਰਮ ਦੀ ਬਿਜਲੀ ਸਬਸਿਡੀ ਛੱਡਣ ਦਾ ਐਲਾਨ ਕੀਤਾ ਅਤੇ ਆਪਣੇ ਸਾਥੀਆਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ। 
ਪਿਛਲੀ ਅਕਾਲੀ ਸਰਕਾਰ ਦੀ ਖੇਤੀਬਾੜੀ ਅਤੇ ਕਿਸਾਨਾਂ ਪ੍ਰਤੀ ਪਹੁੰਚ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸ਼ਾਸਨ ਨੇ  ਅਨਾਜ ਦੀ ਖਰੀਦ ਲਈ ਨਗਦ ਹੱਦ ਕਰਜ਼ਾ ਵਿੱਚ ਕਮੀ ਨੂੰ ਪੂਰਾ ਕਰਨ ਲਈ 31,000 ਕਰੋੜ ਰੁਪਏ ਦੇ ਕਰਜ਼ੇ ਨੂੰ ਪ੍ਰਵਾਨ ਕੀਤਾ ਜਿਸ ਵਾਸਤੇ ਉਨ੍ਹਾਂ ਦੀ ਸਰਕਾਰ ਵਲੋਂ 270 ਕਰੋੜ ਰੁਪਏ ਮਹੀਨਾ ਅਤੇ 3240 ਕਰੋੜ ਰੁਪਏ ਸਾਲਾਨਾ ਦਾ ਭੁਗਤਾਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਹੁੰਦਾ ਤਾਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਾਧੂ 31000 ਕਰੋੜ ਰੁਪਏ ਦੀ ਵਰਤੋਂ ਕਰ ਸਕਦੀ ਸੀ।
ਵੱਖ-ਵੱਖ ਅਧਿਐਨਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਤੀ ਨਾਲ ਸਬੰਧਤ ਤਕਰੀਬਨ 18.5 ਲੱਖ ਪਰਿਵਾਰ ਹਨ ਅਤੇ ਇਨ੍ਹਾਂ ਵਿਚੋਂ ਲਗ-ਪਗ 65 ਫੀਸਦੀ ਛੋਟੇ ਅਤੇ ਦਰਮਿਆਨੇ ਕਿਸਾਨ ਹਨ। ਇਨ੍ਹਾਂ ਵਿਚੋਂ ਤਕਰੀਬਨ 70 ਫੀਸਦੀ ਦੀ ਸੰਸਥਾਈ ਵਿੱਤ ਤੱਕ ਪਹੁੰਚ ਹੈ।
ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਮੁੱਖ ਪ੍ਰਾਥਮਿਕਤਾ ਉਨ੍ਹਾਂ ਸਾਰੇ ਕਿਸਾਨਾਂ ਦੀ ਆਮਦਨ ਨੂੰ ਲਗਾਤਾਰ ਵਧਾਉਣਾ ਹੈ ਜੋ ਖੇਤੀਬਾੜੀ ’ਤੇ ਨਿਰਭਰ ਹਨ ਅਤੇ ਵਾਤਾਵਰਣ ਦਾ ਸੰਤੁਲਨ ਬਣਾ ਕੇ ਰੱਖ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਦੀ ਖੇਤੀਬਾੜੀ ਨੀਤੀ ਬਣਾਉਣ ਦਾ ਵੀ ਐਲਾਨ ਕੀਤਾ ਜੋ ਛੇਤੀ ਹੀ ਤਿਆਰ ਹੋ ਜਾਵੇਗੀ। 
ਮੁੱਖ ਮੰਤਰੀ ਨੇ ਖੇਤੀਬਾੜੀ ਸੈਕਟਰ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਅਨੇਕਾਂ ਹੋਰ ਕਦਮ ਚੁੱਕੇ ਜਾਣ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਖੇਤੀਬਾੜੀ ਪ੍ਰੋੜਤਾ ਪ੍ਰੋਗਰਾਮ ਵੀ ਸ਼ਾਮਲ ਹੈ ਜੋ ਕਿ ਕਾਸ਼ਤ, ਫਸਲਾਂ ’ਚ ਵਾਧਾ ਅਤੇ ਮਿਆਰ, ਆਕਰਸ਼ਕ ਪ੍ਰਤਿਫਲ ਦਾ ਸਹਾਰਾ ਅਤੇ ਬਦਲਵੀਂਆਂ ਫਸਲਾਂ ਲਈ ਜ਼ਿਆਦਾ ਰਿਆਇਤਾਂ ਦੇਣ ’ਤੇ ਕੇਂਦਰਿਤ ਹੋਵੇਗਾ। ਇਸ ਤੋਂ ਇਲਾਵਾ ਫਾਰਮ ਐਕਸਟੈਂਸ਼ਨ ਸੇਵਾਵਾਂ ਦੀ ਮੁੜ ਸੁਰਜੀਤੀ ਅਤੇ ਖੇਤੀਬਾੜੀ ਸਿੱਖਿਆ ਨੂੰ ਨਿਯਮਤ ਕਰਨ ਲਈ ਨਵਾਂ ਕਾਨੂੰਨ ਵੀ ਇਸ ਸਬੰਧ ਵਿਚ ਚੁੱਕੇ ਜਾਣ ਵਾਲੇ ਕਦਮ ਹੋਣਗੇ।  
ਕਿਸਾਨਾਂ ਵਲੋਂ ਪਰਾਲੀ ਅਤੇ ਨਾੜ ਨੂੰ ਅੱਗ ਲਾਏ ਜਾਣ ਦੇ ਅਮਲ ਨੂੰ ਬੰਦ ਕਰਨ ਵਾਸਤੇ ਝੋਨਾ ਪਰਾਲੀ ਚੁਣੌਤੀ ਫੰਡ ਸਥਾਪਿਤ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਸਦਨ ਵਿੱਚ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਉਨ੍ਹਾਂ ਸਾਰੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦੇਣ ਦੀ ਆਗਿਆ ਦੇਣ ਵਾਸਤੇ ਪ੍ਰਧਾਨ ਮੰਤਰੀ ਨੇ ਪੱਤਰ ਲਿਖਿਆ ਹੈ ਜੋ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਜ਼ਮੀਨ ’ਚ ਖਪਾਉਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸਾਨਾਂ ਨੂੰ ਰਿਆਇਤ ਦੇਣ ਦੀ ਜ਼ਰੂਰਤ ਹੈ। 
ਘੱਟੋਂ-ਘੱਟ ਸਮਰਥਨ ਮੁੱਲ ਪ੍ਰਣਾਲੀ ਵਿੱਚ ਫੇਰ-ਬਦਲ ਕਰਨ ਲਈ ਭਾਰਤ ਸਰਕਾਰ ਨੂੰ ਆਗਿਆ ਨਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਅਤੇ ਕੇਂਦਰ ਵਲੋਂ ਮੱਕੀ ਅਤੇ ਹੋਰਨਾਂ ਫਸਲਾਂ ਲਈ ਨਿਰਧਾਰਤ ਕੀਤੇ ਜਾਂਦੇ ਘੱਟੋਂ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਘੱਟ ਭਾਅ ਮਿਲਣ ’ਤੇ ਇਸ ਦੀ ਭਰਪਾਈ ਕਰਨ ਦੀ ਕੇਂਦਰ ਨੂੰ ਅਪੀਲ ਕੀਤੀ। ਆਪਣੀ ਸਰਕਾਰ ਵਲੋਂ ਬਿਨਾਂ ਅੜਚਣ ਅਤੇ ਭ੍ਰਿਸ਼ਟਾਚਾਰ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅਪ੍ਰੈਲ ਮਹੀਨੇ ਮੰਡੀਆਂ ਵਿੱਚ ਪਹੁੰਚੀ 120 ਲੱਖ ਮੀਟਰਕ ਟੰਨ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਤੋਂ ਇਲਾਵਾ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਨੂੰ ਵੀ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਝੋਨੇ ਅਤੇ ਕਪਾਹ ਦੇ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। 
ਕੈਪਟਨ ਅਮਰਿੰਦਰ ਸਿੰਘ ਨੇ ‘‘ਐਂਡ ਟੂ ਐਂਡ ਕੰਪਿਊਟਰਾਇਜ਼ੇਸ਼ਨ ਆਫ ਟਾਰਗੇਟਿਡ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਟੀ.ਪੀ.ਡੀ.ਐਸ.) ਓਪਰੇਸ਼ਨਜ਼ ਸਕੀਮ’’ ਹੇਠ ਸੂਬੇ ਵਿੱਚ ਸਾਰੀਆਂ ਸਰਗਰਮੀਆਂ ਦੇ ਕੰਪਿਊਟਰੀਕਰਨ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਤਾਂ ਜੋ ਲਾਭਪਾਤਰੀਆਂ ਨੂੰ ਸਬਸਿਡੀ ਵਾਲਾ ਅਨਾਜ ਸਹੀ ਢੰਗ ਨਾਲ ਅਤੇ ਬਿਨਾਂ ਕਿਸੇ ਊਣਤਾਈ ਦੇ ਵਿਤਰਣ ਵਾਸਤੇ ਯਕੀਨੀ ਬਣਾਇਆ ਜਾ ਸਕੇ। ਸ਼ਨਾਖਤ ਕੀਤੇ ਗਏ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾਣਗੇ ਅਤੇ ਰਾਸ਼ਨ ਬਾਇਓਮੈਟ੍ਰਿਕ ਪ੍ਰਮਾਣਿਤੀਕਰਨ ਨਾਲ ਪੀ.ਓ.ਐਸ. ਯੰਤਰਾਂ ਰਾਹੀਂ ਵੰਡੀਆ ਜਾਏਗਾ। 
ਮੁੱਖ ਮੰਤਰੀ ਨੇ ਫਸਲੀ ਵਿਭਿੰਨਤਾ ’ਚ ਸਹਾਇਤਾ ਪ੍ਰਦਾਨ ਕਰਨ ਵਾਸਤੇ ਅਤੇ ਕਿਸਾਨਾਂ ਦੀਆਂ ਆਮਦਨ ਵਿੱਚ ਵਾਧਾ ਕਰਨ ਲਈ ਬਾਗਬਾਨੀ ਨੂੰ ਬੜ੍ਹਾਵਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਉਨ੍ਹਾਂ ਨੇ ਇਸ ਵਾਸਤੇ ਰਿਆਇਤਾਂ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਮੰਡੀ ਵਿੱਚ ਉਤਰਾਅ-ਚੜਾਅ ਆਉਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਬਚਾਉਣ ਵਾਸਤੇ ਕੀਮਤ ਸਥਿਰਤਾ ਫੰਡ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਫਲਾਂ ਅਤੇ ਸਬਜ਼ੀਆਂ ਵਰਗੀਆਂ ਛੇਤੀ ਖਰਾਬ ਹੋਣ ਵਾਲੀਆਂ ਫਸਲਾਂ ਦੇ ਇਸ ਸਬੰਧ ਵਿੱਚ ਵਿਸ਼ੇਸ਼ ਜ਼ੋਰ ਦਿੱਤਾ। 


No comments:

Post a Comment