20 December 2017

ਪਹਿਲੀ ਜਨਵਰੀ ਤੋਂ ਬੀਤਿਆ ਜ਼ਮਾਨਾ ਹੋ ਜਾਵੇਗਾ ਬਠਿੰਡਾ ਦਾ ਥਰਮਲ ਪਲਾਂਟ

* ਰੋਪੜ ਥਰਮਲ ਪਲਾਂਟ ਦੇ 2 ਯੂਨਿਟ ਬੰਦ ਹੋਣਗੇ
* ਪੰਜਾਬ ਮੰਤਰੀ ਮੰਡਲ  ਵੱਲੋਂ ਫੈਸਲਾ 

                                            ਇਕਬਾਲ ਸਿੰਘ ਸ਼ਾਂਤ
ਚੰਡੀਗੜ੍ਹ : ਬਠਿੰਡਾ ਦਾ ਥਰਮਲ ਪਲਾਂਟ ਹੁਣ ਬੀਤੇ ਜ਼ਮਾਨੇ ਦੀ ਗੱਲ ਹੋਵੇਗਾ। ਪੰਜਾਬ ਸਰਕਾਰ ਨੇ ਬਠਿੰਡਾ ਅਤੇ ਰੋਪੜ ਵਿੱਚ ਆਪਣੀ
ਮਿਆਦ ਪੁਗਾ ਚੁੱਕੇ ਬਿਜਲੀ ਯੂਨਿਟਾਂ ਨੂੰ 1 ਜਨਵਰੀ, 2018 ਤੋਂ ਬੰਦ ਕਰਨ ਲਈ ਹਰੀ ਝੰਡੀ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਤਰੀ ਮੰਡਲ ਨੇ ਅੱਜ ਲਿਆ। ਜਿਸ ਮੁਤਾਬਕ ਥਰਮਲ ਪਲਾਟਾਂ ਦੇ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ। ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਦਾ ਇਹ ਫੈਸਲਾ ਇਸ ਮੁੱਦੇ ’ਤੇ ਕਾਇਮ ਕੀਤੀ ਗਈ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ’ਤੇ ਆਧਾਰਿਤ ਹੈ। ਇਹ ਫੈਸਲਾ 25 ਸਾਲ ਤੋਂ ਵੱਧ ਸਮਾਂ ਚੱਲ ਕੇ ਮਿਆਦ ਪੁਗਾ ਚੁੱਕੇ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਨਾ ਰਹੇ ਬਿਜਲੀ ਪਲਾਂਟਾਂ ਨੂੰ ਬੰਦ ਕਰਨ ਬਾਰੇ ਕੇਂਦਰੀ ਊਰਜਾ ਅਥਾਰਟੀ ਦੇ ਤੈਅ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲਿਆ ਗਿਆ ਹੈ। 460 ਮੈਗਾਵਾਟ ਦੀ ਸਮਰਥਾ ਵਾਲੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਯੂਨਿਟ ਅਤੇ 1250 ਮੈਗਾਵਾਟ ਦੀ ਸਮਰਥਾ ਵਾਲੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਯੂਨਿਟ 1 ਤੇ 2 ਨੂੰ ਇਕ ਜਨਵਰੀ ਤੋਂ ਬੰਦ ਕਰ ਦਿੱਤਾ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਬਠਿੰਡਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਪਿਛਲੇ ਲਗਪਗ ਚਾਰ ਦਹਾਕਿਆਂ ਤੋਂ ਚੱਲ ਰਹੇ ਸਨ ਜਦਕਿ ਰੋਪੜ ਥਰਮਲ ਪਲਾਂਟ ਦੇ ਯੂਨਿਟ 1 ਤੇ 2 ਨੇ 33 ਵਰ੍ਹੇ ਪੂਰੇ ਕਰ ਲਏ ਹਨ। ਕੈਬਨਿਟ ਦੇ ਫੈਸਲੇ ਮੁਤਾਬਕ ਬੰਦ ਹੋਣ ਵਾਲੇ ਥਰਮਲ ਪਲਾਂਟਾਂ ਦੇ ਸਾਰੇ ਪੱਕੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਲਈਆਂ ਜਾਣਗੀਆਂ। ਇਸੇ ਤਰ੍ਹਾਂ ਠੇਕੇ ’ਤੇ ਕੰਮ ਕਰ ਰਹੇ ਕਾਮਿਆਂ ਨੂੰ ਵੀ ਕੱਢਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਤੋਂ ਇਸ ਬਿਜਲੀ ਨਿਗਮ ਤੋਂ ਇਲਾਵਾ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਜੀ.ਵੀ.ਕੇ. ਟੀ.ਐਸ.ਪੀ.ਐਲ. ਅਤੇ ਐਨ.ਪੀ.ਐਲ. ਵਿੱਚ ਪਹਿਲਾਂ ਵਾਲਾ ਕੰਮ ਹੀ ਲਿਆ ਜਾਵੇਗਾ। ਇਸ ਸਬ-ਕਮੇਟੀ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਹਾਜ਼ਰ ਸਨ। ਮੰਤਰੀ ਮੰਡਲ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਬਿਜਲੀ ਉਤਪਾਦਨ ਦੀ ਸਮਰਥਾ ਵਧਾਉਣ ਲਈ ਪੌਣ ਊਰਜਾ, ਸੂਰਜੀ ਊਰਜਾ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਸਰੋਤਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਾ ਰਹੇ। ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਨੂੰ ਭਵਿੱਖ ਵਿੱਚ ਰੋਪੜ ਵਿਖੇ ਅਤਿ-ਆਧੁਨਿਕ ਤਕਨਾਲੋਜੀ ਨਾਲ 800-800 ਦੀ ਸਮਰਥਾ ਵਾਲੇ ਪੰਜ ਯੂਨਿਟ ਸਥਾਪਿਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ ਤਾਂ ਕਿ ਸੂਬੇ ਵਿੱਚ ਬਿਜਲੀ ਉਤਪਾਦਨ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

No comments:

Post a Comment